ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਤਲਬ ਕਰਨ ਮਗਰੋਂ ਵਿਰੋਧੀ ਧਿਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੀਬੀਆਈ ਨੇ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦਿੱਲੀ ਆਬਕਾਰੀ ਮਾਮਲੇ ਵਿਚ ਪੁੱਛ-ਪੜਤਾਲ ਕੀਤੀ ਹੈ, ਉਸੇ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਕੀਤੀ ਜਾਵੇ।
ਜਲੰਧਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਹਾਜ਼ਰੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੁੰਦੀ ਹੈ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਨੀਤੀ ਵਾਂਗ ਪੰਜਾਬ ਦੀ ‘ਆਪ’ ਸਰਕਾਰ ਨੇ ਸਾਰਾ ਕਾਰੋਬਾਰ ਕੁਝ ਚੋਣਵੇਂ ਠੇਕੇਦਾਰਾਂ ਹਵਾਲੇ ਕਰ ਕੇ ਸ਼ਰਾਬ ਦੇ ਕਾਰੋਬਾਰ ’ਤੇ ਏਕਾਧਿਕਾਰ ਕਾਇਮ ਕਰਵਾ ਦਿੱਤਾ ਹੈ। ਇਨ੍ਹਾਂ ’ਚੋਂ ਦੋ ਠੇਕੇਦਾਰਾਂ ਬ੍ਰਿੰਡਕੋ ਤੇ ਆਨੰਤ ਵਾਈਨਜ਼, ਜਿਨ੍ਹਾਂ ਕੋਲ ਅੱਧਾ ਸ਼ਰਾਬ ਕਾਰੋਬਾਰ ਹੈ, ਨੂੰ ਦਿੱਲੀ ਵਿਚ ਵੀ ਸ਼ਰਾਬ ਦੇ ਕਾਰੋਬਾਰ ਵਿਚ ਵੱਡਾ ਹਿੱਸਾ ਪ੍ਰਾਪਤ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਅਰਵਿੰਦ ਕੇਜਰੀਵਾਲ ਨੂੰ ਪੜਤਾਲ ਵਾਸਤੇ ਸੱਦਣ ’ਤੇ ਪੰਜਾਬ ਦੇ ਮੁੱਖ ਮੰਤਰੀ ਦੇ ਤੁਰੰਤ ਦਿੱਲੀ ਪੁੱਜਣ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੇਕਰ ਕੋਈ ਵੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਤੇ ਇੱਥੇ ਕਲਾਕਾਰਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ।